ਚੰਡੀਗੜ੍ਹ (ਬਿਊਰੋ) : ਜੇਲ੍ਹਾਂ ’ਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗੱਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲ੍ਹਾਂ ’ਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 16 ਮਾਰਚ ਤੋਂ 10 ਮਈ ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਕੈਦੀਆਂ ਤੋਂ 710 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ 31 ਮਾਰਚ ਤੱਕ 166 ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਦਕਿ 1 ਤੋਂ 30 ਅਪ੍ਰੈਲ ਤੱਕ 354 ਮੋਬਾਈਲ ਬਰਾਮਦ ਹੋਏ। ਇਸ ਤੋਂ ਇਲਾਵਾ 1 ਤੋਂ 10 ਮਈ ਤੱਕ ਕੀਤੀ ਕਾਰਵਾਈ ਦੌਰਾਨ 190 ਮੋਬਾਈਲ ਫੋਨ ਫੜੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਮੋਬਾਈਲ ਫੋਨਾਂ ਦੀ ਵਰਤੋਂ ਗੈਂਗਸਟਰ/ਸਮੱਗਲਰ ਜੇਲ੍ਹਾਂ ’ਚੋਂ ਆਪਣੀਆਂ ਕਾਰਵਾਈਆਂ ਚਲਾਉਣ ਲਈ ਕਰਦੇ ਸਨ।
ਮੁੱਖ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਂ ਉੱਤੇ ਇਹ ਫੋਨ ਨੰਬਰ ਚੱਲ ਰਹੇ ਹਨ, ਉਨ੍ਹਾਂ ਨੂੰ ਫੜਨ ਲਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਜੇਲ੍ਹਾਂ ’ਚੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਤੇ ਸਟਾਫ਼ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਲ੍ਹਾਂ ’ਚੋਂ ਵੀ. ਆਈ. ਪੀ. ਸੱਭਿਆਚਾਰ ਨੂੰ ਜੜ੍ਹੋਂ ਮਿਟਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਵੀ. ਆਈ. ਪੀ. ਸੈੱਲਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਨੂੰ ਪ੍ਰਬੰਧਕੀ ਬਲਾਕਾਂ ’ਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜੇਲ੍ਹਾਂ ’ਚ ਬੰਦੀ ਹਨ, ਉਨ੍ਹਾਂ ਨੂੰ ਅਦਾਲਤਾਂ ਨੇ ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿੱਤੀਆਂ ਹਨ ਅਤੇ ਉਹ ਜੇਲ੍ਹਾਂ ’ਚ ਬੈਠੇ ਹੋਏ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ’ਚ ਸੁਧਾਰ ਘਰ ਬਣਾਇਆ ਜਾਵੇਗਾ, ਜਿਥੇ ਅਪਰਾਧੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਅਸਲ ਮਾਇਨਿਆਂ ’ਚ ਸਜ਼ਾ ਭੁਗਤਣੀ ਪਵੇਗੀ।